ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾਰਿਆ ਗਿਆ। ਇਹੀ ਕਾਰਨ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਪੋਸਟਮਾਰਟਮ ਕਰਵਾਉਣ ਤੋਂ ਟਾਲਾ ਵੱਟ ਲਿਆ ਹੈ। ਜਿਸ ਕਾਰਨ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

    ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਵਨੀਤ ਕੌਰ ਦੇ ਪਿਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿਛਲੇ ਦੋ ਸਾਲਾਂ ਤੋਂ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਕੰਮ ਕਰ ਰਹੀ ਸੀ। 7 ਅਪ੍ਰੈਲ ਦੀ ਰਾਤ ਨੂੰ ਮੇਰੀ ਭਾਣਜੀ ਨੇ ਮੈਨੂੰ ਦੱਸਿਆ ਕਿ ਨਵਨੀਤ ਦੀ ਮੌਤ ਹੋ ਚੁੱਕੀ ਹੈ ਅਤੇ ਉ ਸਦੀ ਲਾਸ਼ ਹੋਸਟਲ ਦੇ ਕਮਰੇ ਵਿੱਚ ਪਈ ਹੈ। ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਭਾਣਜੀ ਵੀ ਇਸ ਹਸਪਤਾਲ ਵਿੱਚ ਕੰਮ ਕਰਦੀ ਹੈ।

    ਸੁਖਬੀਰ ਨੇ ਅੱਗੇ ਦੱਸਿਆ ਕਿ ਜਦੋਂ ਅਸੀਂ ਹਸਪਤਾਲ ਪਹੁੰਚੇ ਤਾਂ ਨਵਨੀਤ ਐਮਰਜੈਂਸੀ ਵਾਰਡ ਵਿੱਚ ਮਰੀ ਹੋਈ ਪਈ ਸੀ। ਇਸ ਤੋਂ ਬਾਅਦ ਜਦੋਂ ਹਸਪਤਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕੋਈ ਠੋਸ ਜਵਾਬ ਨਹੀਂ ਦਿੱਤਾ। ਇੰਨਾ ਹੀ ਨਹੀਂ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਡਿਲੀਟ ਕਰ ਦਿਤੀ ਗਈ, ਜਿਸ ਕਾਰਨ ਸਾਨੂੰ ਸ਼ੱਕ ਹੈ ਕਿ ਨਵਨੀਤ ਦਾ ਕਤਲ ਕਿਸੇ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

    ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਦੀ ਮੌਜੂਦਗੀ ‘ਚ ਸਿਵਲ ਹਸਪਤਾਲ ‘ਚੋਂ ਲਾਸ਼ ਦਾ ਪੋਸਟਮਾਰਟਮ ਕੀਤਾ ਜਾਣਾ ਸੀ ਪਰ ਡਾਕਟਰ ਨੇ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮਾਮਲਾ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।

    ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐਸਐਚਓ ਰਮਨਦੀਪ ਭੰਡਾਰੀ ਨੇ ਦੱਸਿਆ ਕਿ ਮ੍ਰਿਤਕ ਨਵਨੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।