ਹਰਿਆਣਾ ਦੇ ਪੰਚਕੂਲਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਰਾਤ ਨੂੰ ਕਰੀਬ 8:30 ਵਜੇ ਸੈਕਟਰ 11-12 ਡਿਵਾਈਡਿੰਗ ਰੋਡ ‘ਤੇ ਵਾਪਰੀ, ਜਿੱਥੇ ਇੱਕ ਸ਼ਰਾਬੀ ਕਾਰ ਚਾਲਕ ਨੇ ਇੱਕ ਹੋਮ ਗਾਰਡ ਜਵਾਨ ਨੂੰ ਟੱਕਰ ਮਾਰ ਦਿੱਤੀ।

ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰਾਰ ਡਰਾਈਵਰ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।ਗੰਭੀਰ ਰੂਪ ਵਿੱਚ ਜ਼ਖਮੀ ਹੋਮ ਗਾਰਡ ਜਵਾਨ ਨੂੰ ਤੁਰਤ ਸੈਕਟਰ 6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 30 ਸਾਲਾ ਆਕਾਸ਼ ਰਾਣਾ ਵਜੋਂ ਹੋਈ ਹੈ, ਜੋ ਟੋਂਕ ਦੇ ਖਰੜ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਦਸੇ ਵਿੱਚ ਸ਼ਾਮਲ ਕਾਰ ਦਾ ਡਰਾਈਵਰ 28 ਸਾਲਾ ਕੁਨਾਲ ਬੱਤਰਾ ਸੀ, ਜੋ ਕਿ ਸੈਕਟਰ 11, ਪੰਚਕੂਲਾ ਦਾ ਰਹਿਣ ਵਾਲਾ ਸੀ।
ਹਾਦਸੇ ਸਮੇਂ ਉਹ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਭੱਜ ਗਿਆ। ਤੁਰੰਤ ਕਾਰਵਾਈ ਕਰਦੇ ਹੋਏ, ਪੁਲਿਸ ਨੇ ਸੋਮਵਾਰ ਨੂੰ ਸੈਕਟਰ 11 ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡਰਾਈਵਰ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।