ਰਈਆ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਕਾਰਨ ਰਈਆ ਬਲਾਕ 1 ਅਤੇ 2 ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 30, 31 ਅਗਸਤ ਅਤੇ 1 ਸਤੰਬਰ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

    ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜੀ.ਟੀ.ਰੋਡ ਬਿਆਸ ‘ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਵੱਲੋਂ ਅੱਜ ਸਕੂਲ ਖੋਲ੍ਹ ਦਿੱਤਾ ਗਿਆ ਪਰ ਜਦੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਕੂਲ ਬੰਦ ਕਰਵਾਇਆ। ਅਮਿਤ ਤਲਵਾੜ ਨੇ ਦੱਸਿਆ ਕਿ ਉਨ੍ਹਾਂ ਨੇ ਡੀਈਓ ਸੈਕੰਡਰੀ ਅੰਮ੍ਰਿਤਸਰ ਸੁਸ਼ੀਲ ਤੁਲੀ ਨੂੰ ਇਸ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਕਾਰਵਾਈ ਕਰਨ ਲਈ ਕਿਹਾ ਹੈ। ਇਸ ਬਾਰੇ ਡੀਈਓ ਸੈਕੰਡਰੀ ਸੁਸ਼ੀਲ ਤੁਲੀ ਨੇ ਕਿਹਾ ਕਿ ਅਸੀਂ ਇਸ ਸਕੂਲ ਦੇ ਪ੍ਰਬੰਧਕਾਂ ਨੂੰ ਨੋਟਿਸ ਭੇਜ ਰਹੇ ਹਾਂ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।