ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ’ਤੇ ਇਕ ਤੇਜ਼ ਰਫਤਾਰ ਕਾਰ ਵਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਖੋਖੇ ਦੇ ਨਾਲ ਲੱਗਦੀ ਕੰਧ ਵਿਚ ਜਾ ਵੜੀ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਇਕ ਮ੍ਰਿਤਕ ਦੀ ਪਛਾਣ ਮੁਹੰਮਦ ਮੁਸਲਿਮ (70) ਵਜੋਂ ਹੋਈ ਹੈ। ਮੌਕੇ ‘ਤੇ ਐਂਬੂਲੈਂਸ ਨਾ ਪਹੁੰਚਣ ਕਾਰਨ ਲੋਕਾਂ ਨੇ ਕਰੀਬ 20 ਮਿੰਟ ਤਕ ਧਰਨਾ ਵੀ ਦਿਤਾ।
ਦਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਆਪਸ ਵਿਚ ਰੇਸ ਲਗਾ ਰਹੀਆਂ ਸਨ ਕਿ ਇਸ ਦੌਰਾਨ ਇਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਉੱਪਰ ਚੜ੍ਹ ਗਈ। ਘਟਨਾ ਵਿਚ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੇ ਹਸਪਤਾਲ ਵਿਚ ਦਮ ਤੋੜ ਦਿਤਾ।
ਉਥੇ ਹੀ ਸਥਾਨਕ ਲੋਕਾਂ ਅਤੇ ਪੀੜਤਾਂ ਦੇ ਪਰਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਵੀ ਦੋਸ਼ੀਆਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਇਕ ਲੜਕੀ ਦੀ ਵੀਡੀਉ ਬਣਾਈ, ਦਸਿਆ ਜਾ ਰਿਹਾ ਹੈ ਕਿ ਇਹ ਲੜਕੀ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਰ ਵਿਚ ਮੌਜੂਦ ਸੀ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਲੜਕੀ ਦੇ ਨਾਲ ਇਕ ਹੋਰ ਲੜਕਾ ਵੀ ਸੀ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ।
ਸਥਾਨਕ ਲੋਕਾਂ ਨੇ ਦਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ। ਕਾਰ ਦਾ ਬੰਪਰ ਅਤੇ ਸੀਟਾਂ ਖੂਨ ਨਾਲ ਲੱਥ-ਪੱਥ ਸਨ। ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਅਨੁਸਾਰ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਦੋ ਕਾਰਾਂ ਵਿਚਕਾਰ ਰੇਸਿੰਗ ਵਰਗਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।