ਫਿਰੋਜ਼ਪੁਰ, ( ਜਤਿੰਦਰ ਪਿੰਕਲ ) ਫਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਬਾਕਸਿੰਗ ਸੀਨੀਅਰ ਸੈਕੰਡਰੀ ਸਕੂਲ ਟੂਰਨਾਮੈਂਟ ਵਿੱਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਦੇ ਬਾਕਸਰਾਂ ਨੇ ਹਿੱਸਾ ਲਿਆ, ਜਿਸ ਵਿੱਚ ਦਸਮੇਸ਼ ਪਬਲਿਕ ਸਕੂਲ ਦੇ ਬਾਕਸਰ ਸਭ ਤੋਂ ਅੱਗੇ ਰਹੇ। ਟੂਰਨਾਮੈਂਟ ਵਿੱਚ ਸਭ ਤੋਂ ਵੱਡਾ ਕਾਰਨਾਮਾ ਵਿਦਿਆਰਥੀ ਰਮਨ ਪਾਸਵਾਨ ਨੇ ਕੀਤਾ, ਜਿਸ ਨੇ 75-80 ਕਿਲੋਗ੍ਰਾਮ ਭਾਰ ਵਰਗ ਅੰਡਰ-17 ਵਿੱਚ ਆਪਣੀ ਤਾਕਤ ਅਤੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਉਸ ਦੀ ਇਹ ਜਿੱਤ ਉਸ ਦੀ ਸਖ਼ਤ ਮਿਹਨਤ ਅਤੇ ਕੋਚ ਦੀ ਸਹੀ ਸੇਧ ਦਾ ਨਤੀਜਾ ਹੈ। ਇਸ ਤੋਂ ਇਲਾਵਾ, ਅੰਡਰ-19 ਭਾਰ ਵਰਗ ਦੇ 55 ਕਿਲੋ ਵਿੱਚ ਆਰਿਅਨ ਮੋਰੀਆ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਇਸੇ ਤਰ੍ਹਾਂ, ਅੰਡਰ-14 ਦੇ 45 ਕਿਲੋ ਭਾਰ ਵਰਗ ਵਿੱਚ ਅਭਿਨੂਰਜੀਤ ਸਿੰਘ ਨੇ ਵੀ ਆਪਣੀ ਪ੍ਰਤਿਭਾ ਦਾ ਸਬੂਤ ਦਿੰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ।ਜੇਤੂ ਵਿਦਿਆਰਥੀਆਂ ਦਾ ਸਕੂਲ ਪਰਤਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਜਸਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਵੱਡੀਆਂ ਖੇਡ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਅਤੇ ਮੈਡਲ ਜਿੱਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਕੋਚਾਂ ਅਤੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਹਾਇਤਾ ਨਾਲ ਇਹ ਸੰਭਵ ਹੋ ਸਕਿਆ।