ਅਮਿਤ ਨਖਵਾਲ:  ਦੇਸ਼ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਸਹਿ ਉਮਸ ਅਤੇ ਨਮੀ ਵਾਲੀ ਗਰਮੀ ਤੋਂ ਲੋਕਾਂ ਨੂੰ ਹੁਣ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਤਾਜ਼ਾ ਅਨੁਮਾਨ ਜਾਰੀ ਕਰਦਿਆਂ ਕਿਹਾ ਹੈ ਕਿ 18 ਜੁਲਾਈ ਤੋਂ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲੇਗਾ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਦੇਸ਼ ਦੇ ਕਰੀਬ 15 ਰਾਜਾਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਇਸ ਦੇ ਪ੍ਰਭਾਵ ਨਾਲ ਦੇਸ਼ ਦੇ ਵੱਡੇ ਹਿੱਸੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ। ਉੱਤਰ-ਪੱਛਮੀ ਭਾਰਤ, ਖ਼ਾਸ ਕਰਕੇ ਦਿੱਲੀ-ਐਨਸੀਆਰ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਗਰਮੀ ਅਤੇ ਉਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਖਣੀ ਭਾਰਤ ਦੇ ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਵੀ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 18 ਤੋਂ 20 ਜੁਲਾਈ ਤੱਕ ਲਗਾਤਾਰ ਮੀਂਹ ਪੈ ਸਕਦਾ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 18 ਤੋਂ 21 ਜੁਲਾਈ ਤੱਕ ਭਾਰੀ ਮੀਂਹ ਦੇ ਨਾਲ ਲੈਂਡਸਲਾਈਡ ਦਾ ਖ਼ਤਰਾ ਵੀ ਬਣਿਆ ਰਹੇਗਾ। ਇਸੇ ਤਰ੍ਹਾਂ ਅਸਾਮ, ਮੇਘਾਲਿਆ ਅਤੇ ਪੱਛਮੀ ਬੰਗਾਲ ਵਿੱਚ 18 ਤੋਂ 22 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਦਿੱਲੀ-ਐਨਸੀਆਰ ਅਤੇ ਹਰਿਆਣਾ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਗਰਜ-ਚਮਕ ਨਾਲ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਮਾਹਰਾਂ ਦਾ ਕਹਿਣਾ ਹੈ ਕਿ 19 ਜੁਲਾਈ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਵੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ 20 ਜੁਲਾਈ ਤੋਂ ਮੌਸਮ ਹੋਰ ਸੁਹਾਵਣਾ ਹੋ ਸਕਦਾ ਹੈ। ਇਸ ਨਾਲ ਪੰਜਾਬ ਵਿੱਚ ਝੋਨੇ ਦੀ ਫ਼ਸਲ ਨੂੰ ਵੀ ਵੱਡਾ ਫ਼ਾਇਦਾ ਮਿਲਣ ਦੀ ਉਮੀਦ ਹੈ।

ਹਾਲਾਂਕਿ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਪਹਾੜੀ ਖੇਤਰਾਂ ਦੀ ਯਾਤਰਾ ਕਰਨ ਵਾਲੇ ਸੈਲਾਨੀਆਂ ਨੂੰ ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਸੰਭਾਵਿਤ ਲੈਂਡਸਲਾਈਡ ਦੇ ਮੱਦੇਨਜ਼ਰ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ।

ਰਿਪੋਰਟ: ਅਮਿਤ ਨਖਵਾਲ