ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਿਪੋਰਟਾਂ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਬੂੰਦਾਬਾਂਦੀ ਤੋਂ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।ਮੌਸਮ ਵਿਭਾਗ ਨੇ ਕਿਹਾ ਕਿ ਇਹ ਬਾਰਸ਼ ਨਮੀ ਵਾਲੀ ਗਰਮੀ ਤੋਂ ਕੁਝ ਰਾਹਤ ਦੇਵੇਗੀ। ਹਾਲਾਂਕਿ, ਬਾਰਸ਼ ਦੌਰਾਨ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਚਲਾ ਜਾਵੇਗਾ। ਅੱਗੇ ਵਧਦੇ ਹੋਏ, ਇਹ ਰਾਜ ਦੇ ਕੇਂਦਰੀ ਖੇਤਰਾਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਇਸ ਮੀਂਹ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਮਾਨਸਾ ਵਿੱਚ ਵੱਧ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਠਾਨਕੋਟ ਵਿਚ ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫ਼ਾਨ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।ਮੀਂਹ ਨਾਲ ਵਾਤਾਵਰਣ ਵਿੱਚ ਠੰਢੀ ਹਵਾ ਆਵੇਗੀ, ਅਤੇ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਲੋਕਾਂ ਨੂੰ ਆਪਣੀ ਯਾਤਰਾ ਵਿਚ ਕੁਝ ਰਾਹਤ ਵੀ ਮਿਲੇਗੀ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵਧੀ ਹੋਈ ਗਰਮੀ ਅਤੇ ਨਮੀ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਦੌਰਾਨ, ਪਹਾੜਾਂ ਵਿਚ ਘੱਟ ਬਾਰਿਸ਼ ਕਾਰਨ, ਪੰਜਾਬ ਵਿਚ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ, ਅਤੇ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਪਿੰਡਾਂ ਵਿੱਚ ਜਾਰੀ ਹੈ।