ਅਮਿਤ ਨਖਵਾਲ:-ਬਟਾਲਾ: ਬਟਾਲਾ–ਕਾਦੀਆਂ ਰੇਲਵੇ ਲਾਈਨ ਨੇੜੇ ਠੰਡੀ ਖੂਹੀ ਪੁਲ ਕੋਲ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਹਿਰਾਸਤ ਵਿੱਚ ਲਿਆਂਦੇ ਗਏ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਨਿਸ਼ਾਨਦੇਹੀ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਸਵੈ-ਰੱਖਿਆ ਵਿੱਚ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇੱਕ ਗੋਲੀ ਨੌਜਵਾਨ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ।

ਪੁਲਿਸ ਚੌਂਕੀ ਗ੍ਰੰਥੀਆਂ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਸਿਟੀ ਥਾਣਾ ਬਟਾਲਾ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਹਿਰਾਸਤ ਵਿੱਚ ਲਏ ਗਏ ਰਵਪ੍ਰੀਤ ਸਿੰਘ ਉਰਫ਼ ਰਵੀ ਪੁੱਤਰ ਸੰਤੋਖ ਸਿੰਘ ਵਾਸੀ ਨਵੀਂ ਆਬਾਦੀ, ਬਟਾਲਾ ਨੂੰ ਨਿਸ਼ਾਨਦੇਹੀ ਲਈ ਬਟਾਲਾ–ਕਾਦੀਆਂ ਰੋਡ ‘ਤੇ ਹਿੰਦ ਧਾਰੀਵਾਲ ਨੇੜੇ ਨਹਿਰ ਵਾਲੇ ਪੁਲ ਕੋਲ ਲੈ ਕੇ ਗਈ ਸੀ।

ਪੁਲਿਸ ਮੁਤਾਬਕ ਨਿਸ਼ਾਨਦੇਹੀ ਦੌਰਾਨ ਰਵਪ੍ਰੀਤ ਸਿੰਘ ਨੇ ਅਚਾਨਕ ਪੁਲਿਸ ਪਾਰਟੀ ‘ਤੇ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ, ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਕਾਹਲੋਂ ਅਤੇ ਸੀ.ਆਈ.ਏ. ਸਟਾਫ਼ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਸੀਨੀਅਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਚੌਕਸੀ ਵੀ ਵਧਾ ਦਿੱਤੀ ਗਈ ਹੈ।