ਅਮਿਤ ਨਖਵਾਲ:  ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਨਾਲ ਜੁੜੀਆਂ ਕੁਝ ਪੋਸਟਾਂ ਅਤੇ ਆਡੀਓ ਸੰਦੇਸ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਹਾਲਾਂਕਿ, ਇਨ੍ਹਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇਹ ਮਾਮਲਾ ਆਮਿਰ ਖਾਨ ਦੇ ਗੌਰੀ ਸਪਰੇਟ ਨਾਲ ਹੋਏ ਵਿਆਹ ਤੋਂ ਬਾਅਦ ਚਰਚਾ ਵਿੱਚ ਆਇਆ ਹੈ। ਵਿਆਹ ਮਗਰੋਂ ਕੁਝ ਕੱਟੜਪੰਥੀ ਸੰਗਠਨਾਂ ਅਤੇ ਸਿਆਸੀ ਆਗੂਆਂ ਵੱਲੋਂ ਉਨ੍ਹਾਂ ‘ਤੇ ‘ਲਵ ਜੇਹਾਦ’ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮਿਰ ਖਾਨ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਕਿਸੇ ਵੀ ਪਤਨੀ ਨੇ ਧਰਮ ਪਰਿਵਰਤਨ ਨਹੀਂ ਕੀਤਾ ਅਤੇ ਉਨ੍ਹਾਂ ਦੀ ਪਤਨੀ ਗੌਰੀ ਸਪਰੇਟ ਈਸਾਈ ਧਰਮ ਨਾਲ ਸਬੰਧ ਰੱਖਦੀ ਹੈ।

ਵਾਇਰਲ ਹੋ ਰਹੀਆਂ ਕਥਿਤ ਪੋਸਟਾਂ ਵਿੱਚ ਆਮਿਰ ਖਾਨ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਰਤਦਿਆਂ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ ਵਾਪਰੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਕੁਝ ਸਿਆਸਤਦਾਨਾਂ ‘ਤੇ ਦੋਸ਼ ਵੀ ਲਗਾਏ ਗਏ ਹਨ। ਹਾਲਾਂਕਿ, ਇਨ੍ਹਾਂ ਦਾਵਿਆਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਸੁਪਰਸਟਾਰ ਸਲਮਾਨ ਖਾਨ ਸਮੇਤ ਕਈ ਗਾਇਕਾਂ ਅਤੇ ਕਾਰੋਬਾਰੀਆਂ ਨੂੰ ਧਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਦੀ ਜਾਂਚ ਸੁਰੱਖਿਆ ਏਜੰਸੀਆਂ ਕਰਦੀਆਂ ਰਹੀਆਂ ਹਨ।

ਸੂਤਰਾਂ ਅਨੁਸਾਰ, ਇਸ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਅਤੇ ਸਾਈਬਰ ਸੈੱਲ ਵੱਲੋਂ ਵਾਇਰਲ ਹੋ ਰਹੀਆਂ ਪੋਸਟਾਂ ਅਤੇ ਸੰਦੇਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲੋੜ ਪੈਣ ‘ਤੇ ਅਦਾਕਾਰ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾ ਸਕਦੀ ਹੈ।