ਜਲੰਧਰ,(ਵਿੱਕੀ ਸੂਰੀ)– ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ਵਿੱਚ ਸਖ਼ਤੀ ਦੀਆਂ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਫੀਲਡ ਸਟਾਫ਼ ਪਾਸੋਂ ਪੁਸ਼ਟੀ ਉਪਰੰਤ ਅਜਿਹੇ 34 ਮਾਮਲਿਆਂ ਵਿੱਚ 85000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਹੈ। ਜ਼ਿਲ੍ਹੇ ਵਿੱਚ ਕਣਕ ਦੀ ਨਾੜ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਸਬੰਧੀ ਬੀਤੇ ਦੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਬ ਡਵੀਜ਼ਨ ਫਿਲੌਰ ਵਿੱਚ ਸਾਹਮਣੇ ਆਏ 24 ਮਾਮਲਿਆਂ ਵਿੱਚ 60,000 ਰੁਪਏ ਮੁਆਵਜ਼ਾ ਲਗਾਇਆ ਗਿਆ ਹੈ। ਜਦਕਿ ਸ਼ਾਹਕੋਟ ਦੇ 7 ਮਾਮਲਿਆਂ ਵਿੱਚ 17500 ਰੁਪਏ ਅਤੇ ਸਬ ਡਵੀਜ਼ਨ ਜਲੰਧਰ -1 ਦੇ 3 ਮਾਮਲਿਆਂ ਵਿੱਚ 7500 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ । ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਹਰੇਕ ਮਾਮਲੇ ਦੀ ਮੌਕੇ ’ਤੇ ਜਾ ਕੇ ਪੁਸ਼ਟੀ ਨੂੰ ਯਕੀਨੀ ਬਣਾਉਂਦੇ ਹੋਏ ਅਜਿਹੀਆਂ ਘਟਨਾਵਾ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਤਾਂ ਜੋ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਜਿਥੇ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ, ਸਮੂਹ ਐਸ.ਡੀ.ਐਮ., ਐਸ.ਡੀ.ਓ. ਬਚਨ ਲਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।