ਅਗਰਤਲਾ (ਅਮਿਤ ਨਖਵਾਲ):  ਤ੍ਰਿਪੁਰਾ ਦੇ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਅਨੁਰਾਗ ਧਨਖੜ ਸੋਮਵਾਰ ਨੂੰ ਅਗਰਤਲਾ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਦੇ ਟਾਇਲਟ ਵਿੱਚ ਮ੍ਰਿਤਕ ਹਾਲਤ ਵਿੱਚ ਮਿਲੇ। 1994 ਬੈਚ ਦੇ ਆਈਪੀਐਸ ਅਧਿਕਾਰੀ ਧਨਖੜ ਦੇ ਦਿਹਾਂਤ ਨਾਲ ਪੁਲਿਸ ਅਤੇ ਪ੍ਰਸ਼ਾਸਨਿਕ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਅਨੁਰਾਗ ਧਨਖੜ ਨੇ ਆਪਣੇ ਕਰੀਅਰ ਦੌਰਾਨ ਕਈ ਹਾਈ-ਪ੍ਰੋਫਾਈਲ ਮਾਮਲਿਆਂ ਦੀ ਜਾਂਚ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਨਾਲ ਜੁੜੇ ਕਰੀਬ 13,000 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਧੋਖਾਧੜੀ ਮਾਮਲੇ ਦੀ ਸੀਬੀਆਈ ਜਾਂਚ ਦੀ ਅਗਵਾਈ ਕੀਤੀ ਸੀ। ਇਸ ਤੋਂ ਇਲਾਵਾ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਮੁੜ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਵੀ ਰਹੇ ਸਨ।

ਘਟਨਾ ਤੋਂ ਬਾਅਦ ਰਾਜ ਸਰਕਾਰ ਨੇ ਮੈਜਿਸਟਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉੱਧਰ ਨਿਆਂਇਕ ਜਾਂਚ ਦੀ ਮੰਗ ਵੀ ਉੱਠ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ੁਰੂਆਤੀ ਹਾਲਾਤ ਖੁਦਕੁਸ਼ੀ ਵੱਲ ਇਸ਼ਾਰਾ ਕਰਦੇ ਹਨ, ਪਰ ਅਜੇ ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਨੇ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ।

ਪੁਲਿਸ ਸੂਤਰਾਂ ਅਨੁਸਾਰ 60 ਸਾਲਾ ਧਨਖੜ ਕਾਫ਼ੀ ਸਮੇਂ ਤੱਕ ਟਾਇਲਟ ਤੋਂ ਬਾਹਰ ਨਾ ਆਏ ਤਾਂ ਉਨ੍ਹਾਂ ਦੇ ਆਰਡਰਲੀ ਨੂੰ ਸ਼ੱਕ ਹੋਇਆ। ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਉਸ ਨੂੰ ਤੋੜਿਆ ਗਿਆ, ਜਿੱਥੇ ਧਨਖੜ ਬੇਹੋਸ਼ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਅਗਰਤਲਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਦੇ ਡਾਕਟਰ ਡਾ. ਪ੍ਰਦੀਪ ਭੌਮਿਕ ਨੇ ਦੱਸਿਆ ਕਿ ਜਦੋਂ ਧਨਖੜ ਨੂੰ ਹਸਪਤਾਲ ਲਿਆਂਦਾ ਗਿਆ, ਉਸ ਵੇਲੇ ਉਨ੍ਹਾਂ ਵਿੱਚ ਜ਼ਿੰਦਗੀ ਦੇ ਕੋਈ ਸੰਕੇਤ ਨਹੀਂ ਸਨ। ਹਾਲਾਂਕਿ ਡਾਕਟਰਾਂ ਦੀ ਟੀਮ ਨੇ ਲਗਭਗ 48 ਮਿੰਟ ਤੱਕ ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬੀ ਨਹੀਂ ਮਿਲੀ ਅਤੇ ਆਖ਼ਿਰਕਾਰ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੇ ਮੈਜਿਸਟਰੇਟ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।