
Skip to content

ਫਗਵਾੜਾ/ ਅਮਿਤ ਨੱਖਵਾਲ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਕ ਘਟਨਾ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਤੇਜ਼ ਕਰਦਿਆਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਦੌਰਾਨ ਕੈਂਪਸ ਦੇ ਬਾਹਰ ਸਥਾਪਿਤ ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹ ਕੇ ਤਸਵੀਰ ਖਿੱਚਵਾਉਣ ਵਾਲੇ ਵਿਅਕਤੀ ਦੀ ਵੀ ਪਛਾਣ ਕਰ ਲਈ ਗਈ ਹੈ। ਪੁਲਿਸ ਮੁਤਾਬਕ ਉਹ ਨਾਬਾਲਗ ਹੈ ਅਤੇ LPU ਦਾ ਹੀ ਵਿਦਿਆਰਥੀ ਹੈ।
ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਦੇ ਆਧਾਰ ’ਤੇ ਨਾਬਾਲਗ ਦੀ ਪਛਾਣ ਕੀਤੀ ਅਤੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਹਿਰਾਸਤ ਵਿੱਚ ਲਿਆ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਮੰਡੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਿੰਸਾ ਦੌਰਾਨ ਉਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿੱਚ ਉਹ ਪਿੱਛੇ ਅੱਗ ਲੱਗੀ ਹੋਣ ਦੇ ਦ੍ਰਿਸ਼ ਵਿਚਕਾਰ ਮਿਗ-23 ਜਹਾਜ਼ ਉੱਪਰ ਖੜ੍ਹਾ ਨਜ਼ਰ ਆ ਰਿਹਾ ਸੀ।
ਇਸ ਮਾਮਲੇ ਨੂੰ ਲੈ ਕੇ LPU ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਬਾਹਰ 1971 ਦੀ ਜੰਗ ਵਿੱਚ ਵਰਤਿਆ ਗਿਆ ਮਿਗ-23 ਜਹਾਜ਼ ਅਤੇ ਇੱਕ ਟੈਂਕ ਪ੍ਰਦਰਸ਼ਿਤ ਕੀਤੇ ਗਏ ਹਨ। ਉਨ੍ਹਾਂ ਮੁਤਾਬਕ ਇਨ੍ਹਾਂ ਦਾ ਮਕਸਦ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ।
ਪੁਲਿਸ ਵੱਲੋਂ ਹੁਣ ਤੱਕ LPU ਹਿੰਸਾ ਨਾਲ ਸਬੰਧਤ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਹਾਈਵੇਅ ’ਤੇ ਆਵਾਜਾਈ ਰੋਕਣ, ਪੁਲਿਸ ਵਾਹਨ ਨੂੰ ਅੱਗ ਲਗਾਉਣ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਭੰਨ-ਤੋੜ ਕਰਨ ਨਾਲ ਜੁੜੇ ਮਾਮਲੇ ਸ਼ਾਮਲ ਹਨ।
ਪੁਲਿਸ ਮੁਤਾਬਕ ਮਾਮਲੇ ਵਿੱਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਪੀਜ਼ਾ ਡਿਲੀਵਰੀ ਨਾਲ ਜੁੜੇ ਦੋ ਵਿਅਕਤੀ ਅਤੇ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਗਗਨਦੀਪ ਅਤੇ ਜਸਮੀਤ ਕੁਮਾਰ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।
ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ’ਤੇ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਰਿਪੋਰਟ : ਅਮਿਤ ਨੱਖਵਾਲ
Related