
Skip to content

ਉੱਤਰ ਪ੍ਰਦੇਸ਼ ‘ਚ ਮੌਨਸੂਨ ਦਾ ਕਹਿਰ, 28 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ; ਕਾਨਪੁਰ ‘ਚ 15 ਸਾਲਾਂ ਦਾ ਰਿਕਾਰਡ ਟੁੱਟਿਆ
ਲਖਨਊ (ਅਰਸ਼ਦੀਪ ਸਿੰਘ ਕਾਲੜਾ) :- ਉੱਤਰ ਪ੍ਰਦੇਸ਼ ਵਿੱਚ ਮੌਨਸੂਨ ਸਰਗਰਮ ਹੈ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ 28 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਸਵੇਰ ਤੋਂ ਕਈ ਜ਼ਿਲ੍ਹਿਆਂ ਵਿੱਚ ਧੁੱਪ ਅਤੇ ਬੱਦਲਾਂ ਦੀ ਆਵਾਜਾਈ ਜਾਰੀ ਰਹੀ, ਜਦਕਿ ਕਈ ਥਾਵਾਂ ‘ਤੇ ਮੀਂਹ ਨੇ ਲੋਕਾਂ ਨੂੰ ਰਾਹਤ ਦੇ ਨਾਲ-ਨਾਲ ਮੁਸ਼ਕਲਾਂ ਵੀ ਦਿੱਤੀਆਂ।
ਸਭ ਤੋਂ ਵੱਧ ਅਸਰ ਕਾਨਪੁਰ ਵਿੱਚ ਵੇਖਣ ਨੂੰ ਮਿਲਿਆ, ਜਿੱਥੇ 3 ਜੁਲਾਈ ਨੂੰ 108 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਨਾਲ 15 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ। ਇਸ ਤੋਂ ਪਹਿਲਾਂ 1 ਜੁਲਾਈ 2011 ਨੂੰ ਇੱਥੇ 101 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।
ਸ਼ੁੱਕਰਵਾਰ ਨੂੰ ਸੂਬੇ ਦੇ ਕਰੀਬ 20 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮਥੁਰਾ ਵਿੱਚ ਦੇਰ ਸ਼ਾਮ ਹੋਈ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸੜਕਾਂ ‘ਤੇ ਕਰੀਬ ਇੱਕ ਫੁੱਟ ਤੱਕ ਪਾਣੀ ਖੜ੍ਹਾ ਹੋਣ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਕਈ ਵਾਹਨ ਪਾਣੀ ਵਿੱਚ ਫਸ ਗਏ। ਰੇਲਵੇ ਅੰਡਰਪਾਸ ਵੀ ਪਾਣੀ ਨਾਲ ਲਬਾਲਬ ਭਰ ਗਏ, ਜਿਸ ਕਾਰਨ ਲੋਕਾਂ ਨੂੰ ਖਾਸੀ ਦਿੱਕਤ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ 6.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਫੀਸਦੀ ਵੱਧ ਹੈ। ਹਾਲਾਂਕਿ, 1 ਜੂਨ ਤੋਂ ਹੁਣ ਤੱਕ ਉੱਤਰ ਪ੍ਰਦੇਸ਼ ਵਿੱਚ ਕੁੱਲ 64.5 ਮਿਲੀਮੀਟਰ ਮੀਂਹ ਪਿਆ ਹੈ, ਜੋ ਆਮ 112.5 ਮਿਲੀਮੀਟਰ ਦੇ ਮੁਕਾਬਲੇ 43 ਫੀਸਦੀ ਘੱਟ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ।

Related