ਅਮਿਤ ਨਖਵਾਲ:ਵੈਨੇਜ਼ੁਏਲਾ: ਬੁੱਧਵਾਰ ਨੂੰ ਵੈਨੇਜ਼ੁਏਲਾ ਵਿੱਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾ ਦਿੱਤੀ। ਇਸ ਕੁਦਰਤੀ ਆਫ਼ਤ ਵਿੱਚ ਹੁਣ ਤੱਕ 920 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3,360 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੋਡਰਿਗਜ਼ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਆਏ 7.2 ਅਤੇ 7.5 ਤੀਬਰਤਾ ਵਾਲੇ ਭੂਚਾਲਾਂ ਨੇ ਦੇਸ਼ ਦੇ ਕਈ ਇਲਾਕਿਆਂ ਨੂੰ ਹਿਲਾ ਕੇ ਰੱਖ ਦਿੱਤਾ। ਸਭ ਤੋਂ ਵੱਧ ਨੁਕਸਾਨ ਲਾ ਗੁਆਇਰਾ ਰਾਜ ਵਿੱਚ ਹੋਇਆ, ਜਿੱਥੇ ਕਈ ਇਮਾਰਤਾਂ ਢਹਿ ਗਈਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ।

ਸਰਕਾਰ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਭੋਜਨ, ਪੀਣ ਵਾਲਾ ਪਾਣੀ ਅਤੇ ਹੋਰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਇਸ ਦਰਮਿਆਨ ਕਈ ਪਰਿਵਾਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਜ਼ੀਜ਼ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ, ਜਿਸ ਕਾਰਨ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਮੁਹਿੰਮ ਪੂਰੀ ਤਾਕਤ ਨਾਲ ਚੱਲ ਰਹੀ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।