ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ ਗਿਆ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਵੱਲੋਂ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ।
ਇਸ ਦੌਰਾਨ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਵੱਲੋਂ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।
ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਬੀਤੇ ਦਿਨੀਂ ਵਿਜੀਲੈਂਸ ਟੀਮ ਵੱਲੋਂ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਗਈ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ।
ਦੱਸ ਦਈਏ ਕਿ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਹੈ। ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ।
ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਗਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।
ਹਾਈਕੋਰਟ ਨੇ 6 ਹਫ਼ਤਿਆਂ ਵਿੱਚ ਤਲਬ ਕੀਤੀ ਰਿਪੋਰਟ
ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 28 ਅਗਸਤ 2023 ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਪਟੀਸ਼ਨ ਦੇ ਮੁਤਾਬਕ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਡੇਰੇ ਦੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ।