
Skip to content

ਜਲੰਧਰ (ਨਵੀਨ ਪੁਰੀ) , 25 ਜੂਨ: ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੈ ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਥਿਤ ਵੀਡੀਓ ਨਾਲ ਜੁੜੇ ਫਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ਵਿੱਚ ਗੁਰੁਗ੍ਰਾਮ ’ਚ ਦਰਜ ਐਫਆਈਆਰ ਅਤੇ ਹੋਈਆਂ ਗ੍ਰਿਫ਼ਤਾਰੀਆਂ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦੇ ਕਈ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ।
ਸਾਂਪਲਾ ਨੇ ਦੋਸ਼ ਲਾਇਆ ਕਿ ਜੇਕਰ ਜਾਂਚ ਦੌਰਾਨ ਲਗੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਸਿਰਫ਼ ਕਾਨੂੰਨ ਅਤੇ ਜਾਂਚ ਪ੍ਰਕਿਰਿਆ ਨਾਲ ਧੋਖਾਧੜੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਠੇਸ ਪਹੁੰਚਾਉਣ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਮੰਨੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੇ ਹੁਕਮਨਾਮਿਆਂ ਦਾ ਹਰ ਸਿੱਖ ਲਈ ਵਿਸ਼ੇਸ਼ ਮਹੱਤਵ ਹੈ। ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਉੱਪਰ ਨਹੀਂ ਹੋ ਸਕਦਾ।
ਵਿਜੈ ਸਾਂਪਲਾ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਹੁਕਮਾਂ ਦੀ ਅਣਦੇਖੀ ਕਰਕੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇ ਕੇ ਭਗਵੰਤ ਮਾਨ ਨੇ ਆਪਣੇ ਸਿਆਸੀ ਜੀਵਨ ਦੀ ਸਭ ਤੋਂ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਹੰਕਾਰ ਵਿੱਚ ਧਾਰਮਿਕ ਮਰਿਆਦਾਵਾਂ ਅਤੇ ਪੰਥਕ ਭਾਵਨਾਵਾਂ ਨੂੰ ਚੁਣੌਤੀ ਦੇਣ ਵਾਲੀ ਰਾਜਨੀਤੀ ਦਾ ਅੰਤ ਤੈਅ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਮੂਹ ਸਿੱਖ ਸੰਗਤ ਇਹ ਜਾਣਨਾ ਚਾਹੁੰਦੀ ਹੈ ਕਿ ਧਾਰਮਿਕ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਕਿਉਂ ਸਾਹਮਣੇ ਆ ਰਹੇ ਹਨ। ਇਸ ਲਈ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।
ਸਾਂਪਲਾ ਨੇ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਆਸੀ ਦਬਾਅ ਤੋਂ ਮੁਕਤ ਹੋ ਕੇ ਸਖ਼ਤ ਅਤੇ ਨਿਰਪੱਖ ਜਾਂਚ ਕਰੇ ਅਤੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਅੰਤ ਵਿੱਚ ਮੰਗ ਕੀਤੀ ਕਿ ਭਗਵੰਤ ਮਾਨ ਆਪਣੀ ਗਲਤੀ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ।
ਇਸ ਮੌਕੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸ਼ੀਤਲ ਅੰਗੁਰਾਲ, ਸਰਬਜੀਤ ਮੱਕੜ, ਕਰਮਜੀਤ ਚੌਧਰੀ, ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਰਮੇਸ਼ ਸ਼ਰਮਾ, ਅਮਿਤ ਤਨੇਜਾ, ਦੀਵਾਨ ਅਮਿਤ ਅਰੋੜਾ, ਨਰੇਸ਼ ਠਠਾਈ, ਹਿਮਾਂਸ਼ੂ ਸ਼ਰਮਾ, ਲਲਿਤ ਬੱਬੂ, ਗੌਰਵ ਰਾਏ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।

Related