Skip to content
ਬਰਿੰਦਰ ਬਿੱਟੂ ਤੇ ਸਾਥੀਆਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲਿਆ ਜਾਵੇ: ਵਿਜੇ ਸਾਂਪਲਾ
ਨਸ਼ਾ ਬਰਾਮਦਗੀ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ, ਕੇਸ ਵਾਪਸ ਨਾ ਲੈਣ ’ਤੇ ਵੱਡੇ ਅੰਦੋਲਨ ਦੀ ਚਿਤਾਵਨੀ
ਜਲੰਧਰ (ਨਵੀਨ ਪੂਰੀ) – ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਕਥਿਤ ਤੌਰ ’ਤੇ ਮੈਡੀਕਲ ਨਸ਼ੇ ਬਰਾਮਦ ਕਰਵਾਉਣ ਵਾਲੇ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਤੁਰੰਤ ਵਾਪਸ ਲਿਆ ਜਾਵੇ। ਇਹ ਮੰਗ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਕੀਤੀ। ਉਨ੍ਹਾਂ ਭਾਜਪਾ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਬਦਲਾਖੋਰੀ ਵਾਲੇ ਕੇਸ ਦਾ ਸਖ਼ਤ ਨੋਟਿਸ ਲੈਂਦਿਆਂ ਐੱਫ.ਆਈ.ਆਰ. ਦੀ ਨਿਰਪੱਖ ਸਮੀਖਿਆ ਅਤੇ ਨਸ਼ਾ ਬਰਾਮਦਗੀ ਦੇ ਮੂਲ ਮਾਮਲੇ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ।
ਵਿਜੇ ਸਾਂਪਲਾ ਨੇ ਕਿਹਾ ਕਿ ਭਾਦਸੋਂ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਜਪਾ ਸਮਰਥਕਾਂ ਵੱਲੋਂ ਕੱਢਿਆ ਗਿਆ ਰੋਸ ਮਾਰਚ ਲੋਕਾਂ ਦੀ ਨਸ਼ਿਆਂ ਦੀ ਗੰਭੀਰ ਸਮੱਸਿਆ ਪ੍ਰਤੀ ਚਿੰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਰਿੰਦਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਭਾਜਪਾ ਵੱਲੋਂ ਇਸ ਮਾਮਲੇ ਨੂੰ ਲੈ ਕੇ ਹੋਰ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਰਿੰਦਰ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦਰਵਾਜ਼ੇ-ਖਿੜਕੀਆਂ ਦੀ ਦੁਕਾਨ ਤੋਂ ਕਥਿਤ ਤੌਰ ’ਤੇ ਮੈਡੀਕਲ ਨਸ਼ਿਆਂ ਦੀ ਬਰਾਮਦਗੀ ਕਰਵਾਈ ਸੀ। ਸਾਂਪਲਾ ਨੇ ਦੋਸ਼ ਲਾਇਆ ਕਿ ਜਦੋਂ ਪੁਲਿਸ ਸਿਆਸੀ ਦਬਾਅ ਕਾਰਨ ਮਾਮਦੀਨ ਖਾਨ ਖ਼ਿਲਾਫ਼ ਕਾਰਵਾਈ ਕਰਨ ਤੋਂ ਆਨਾਕਾਨੀ ਕਰ ਰਹੀ ਸੀ ਤਾਂ ਬਰਿੰਦਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਮਹੂਰੀ ਤਰੀਕੇ ਨਾਲ ਇਸ ਦਾ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ‘ਆਪ’ ਆਗੂ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ, ਜਦਕਿ ਦੂਜੇ ਪਾਸੇ ਬਦਲਾਖੋਰੀ ਦੀ ਭਾਵਨਾ ਨਾਲ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ।
ਵਿਜੇ ਸਾਂਪਲਾ ਨੇ ਮੰਗ ਕੀਤੀ ਕਿ ਬਰਿੰਦਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੀ ਨਿਰਪੱਖ ਸਮੀਖਿਆ ਕੀਤੀ ਜਾਵੇ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਨਾਲ ਸਬੰਧਤ ਮੂਲ ਮਾਮਲੇ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Related