ਪਰਵਾਸ ‘ਚ ਕਮੀ ਦਾ ਸਿਹਰਾ ਲੈਣ ਦੀ ਕੋਸ਼ਿਸ਼ ਨਾ ਕਰਨ ਭਗਵੰਤ ਮਾਨ: ਵਿਜੇ ਸਾਂਪਲਾ, ਕਿਹਾ- ਪੰਜਾਬ ਦੇ ਨੌਜਵਾਨ ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ / ਨਵੀਨ ਪੁਰੀ) – ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਵਿੱਚ ਆਈ ਕਮੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਾਸ ਵਿੱਚ ਆਈ ਕਮੀ ਦਾ ਸਿਹਰਾ ਮਾਨ ਸਰਕਾਰ ਨੂੰ ਨਹੀਂ ਲੈਣਾ ਚਾਹੀਦਾ, ਕਿਉਂਕਿ ਇਸ ਦਾ ਮੁੱਖ ਕਾਰਨ ਵਿਦੇਸ਼ੀ ਦੇਸ਼ਾਂ ਵੱਲੋਂ ਇਮੀਗ੍ਰੇਸ਼ਨ ਨਿਯਮਾਂ ਵਿੱਚ ਕੀਤੀ ਗਈ ਸਖ਼ਤੀ ਹੈ।

ਸ਼ੁੱਕਰਵਾਰ ਨੂੰ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਵੱਲੋਂ 70 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਰਵਾਸ ਘਟਿਆ ਹੈ, ਜਦਕਿ ਅਸਲ ਹਕੀਕਤ ਇਸ ਤੋਂ ਵੱਖਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪੰਜਾਬ ਦੇ ਨੌਜਵਾਨਾਂ ਦੀ ਸਥਿਤੀ ਨੂੰ ਸਮਝਣਾ ਚਾਹੀਦਾ ਹੈ।

ਸਾਂਪਲਾ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਸਾਲ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ, ਆਸਟ੍ਰੇਲੀਆ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਦਾ ਰੁਖ਼ ਕਰਦੇ ਰਹੇ ਹਨ। ਪਰ ਹੁਣ ਇਨ੍ਹਾਂ ਦੇਸ਼ਾਂ ਵੱਲੋਂ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਕੀਤੇ ਜਾਣ ਕਾਰਨ ਨੌਜਵਾਨਾਂ ਲਈ ਵਿਦੇਸ਼ ਜਾਣਾ ਪਹਿਲਾਂ ਜਿੰਨਾ ਆਸਾਨ ਨਹੀਂ ਰਿਹਾ। ਇਸ ਲਈ ਪਰਵਾਸ ਵਿੱਚ ਆਈ ਕਮੀ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨਾਲ ਜੋੜਨਾ ਸਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਅਤੇ ਰੁਜ਼ਗਾਰ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਦੀ ਬਜਾਏ ਸਰਕਾਰ ਨੂੰ ਸੂਬੇ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਹਾਲੀਆ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਜੂਨ 2026 ਤੱਕ ਦੇ ਪੀਰੀਅਡਿਕ ਲੇਬਰ ਫੋਰਸ ਸਰਵੇ ਅਨੁਸਾਰ ਪੰਜਾਬ ਵਿੱਚ 15 ਤੋਂ 29 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 22.3 ਫ਼ੀਸਦੀ ਹੈ, ਜਦਕਿ ਦੇਸ਼ ਦੀ ਔਸਤ ਦਰ 15.9 ਫ਼ੀਸਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇੱਕ ਹੋਰ ਰਿਪੋਰਟ ਮੁਤਾਬਕ ਪੰਜਾਬ ਵਿੱਚ 15 ਤੋਂ 29 ਸਾਲ ਦੀ ਉਮਰ ਦੇ 27.7 ਫ਼ੀਸਦੀ ਨੌਜਵਾਨ ਅਜਿਹੇ ਹਨ, ਜੋ ਨਾ ਤਾਂ ਕਿਸੇ ਰੁਜ਼ਗਾਰ ਵਿੱਚ ਹਨ ਅਤੇ ਨਾ ਹੀ ਸਿੱਖਿਆ ਜਾਂ ਕਿਸੇ ਸਿਖਲਾਈ ਨਾਲ ਜੁੜੇ ਹੋਏ ਹਨ। ਇਹ ਅੰਕੜੇ ਸੂਬੇ ਵਿੱਚ ਨੌਜਵਾਨਾਂ ਦੀ ਰੁਜ਼ਗਾਰ ਸਬੰਧੀ ਸਥਿਤੀ ਨੂੰ ਦਰਸਾਉਂਦੇ ਹਨ।

ਵਿਜੇ ਸਾਂਪਲਾ ਨੇ ਕਿਹਾ ਕਿ ਸਿਰਫ਼ ਇਸ਼ਤਿਹਾਰਾਂ ਅਤੇ ਸਿਆਸੀ ਸਮਾਗਮਾਂ ਰਾਹੀਂ 70 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਕਰਨ ਨਾਲ ਬੇਰੁਜ਼ਗਾਰੀ ਦੀ ਸਮੱਸਿਆ ਖ਼ਤਮ ਨਹੀਂ ਹੋ ਜਾਂਦੀ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਨੌਕਰੀਆਂ ਦੀ ਭਾਲ ਵਿੱਚ ਕਿਉਂ ਭਟਕ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਸੂਬੇ ਵਿੱਚ ਰੁਜ਼ਗਾਰ ਦੇ ਢੁੱਕਵੇਂ ਮੌਕੇ ਕਿਉਂ ਨਹੀਂ ਮਿਲ ਰਹੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਭਾਜਪਾ ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਉਠਾਉਂਦੀ ਰਹੇਗੀ।

                                                         

You missed