
Skip to content

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਦਾ ਪ੍ਰਦਰਸ਼ਨ, ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਸੀਈਸੀ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਨ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਮੰਗ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਵਿਰੋਧੀ ਪਾਰਟੀਆਂ ਨੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਲਗਾਤਾਰ ਚੌਥੇ ਦਿਨ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਲਈ ਇਕੱਠੇ ਹੋਏ ਅਤੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਮਰ ਅਬਦੁੱਲਾ ਸਮੇਤ ਵਿਰੋਧੀ ਗਠਜੋੜ ਦੇ ਕਈ ਸੀਨੀਅਰ ਆਗੂਆਂ ਨੇ ਰਾਤ 8 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੋਟ ਚੋਰੀ ਅਤੇ ਚੋਣਾਂ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਏ।
ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਰਾਸ਼ਟਰਪਤੀ ਨੇ ਸਬੂਤ ਦੇਣ ਲਈ ਕਿਹਾ: ਰਾਹੁਲ ਗਾਂਧੀ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੋਟ ਚੋਰੀ ਸਬੰਧੀ ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਰੱਦ ਨਹੀਂ ਕੀਤਾ। ਉਨ੍ਹਾਂ ਮੁਤਾਬਕ, ਰਾਸ਼ਟਰਪਤੀ ਨੇ ਇਸ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਸਬੂਤ ਦੇਣ ਲਈ ਤਿਆਰ ਹੈ।
ਵਿਰੋਧੀ ਧਿਰ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਦੂਜੇ ਪਾਸੇ, ਇਨ੍ਹਾਂ ਦੋਸ਼ਾਂ ਅਤੇ ਮੰਗਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ।

Related