ਵੋਟਰ ਸੂਚੀਆਂ ਦੀ ਸ਼ੁੱਧਤਾ ਤੇ ਪਾਰਦਰਸ਼ਤਾ ਲਈ ਭਾਜਪਾ ਵਰਕਰ ਨਿਭਾਉਣਗੇ ਸਰਗਰਮ ਭੂਮਿਕਾ : ਮੰਤਰੀ ਸ੍ਰੀਨਿਵਾਸਲੂ

ਜਲੰਧਰ, 10 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਦੇ ਸਬੰਧ ਵਿੱਚ ਅੱਜ ਜਲੰਧਰ ਦੇ ਲਾਇਨਜ਼ ਕਲੱਬ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਸਕੱਤਰ ਓ.ਪੀ. ਧਨਖੜ ਨੇ ਕੀਤੀ।

ਇਸ ਮੌਕੇ ਭਾਜਪਾ ਦੇ ਸੰਗਠਨ ਮੰਤਰੀ ਮੰਤਰੀ ਸ੍ਰੀਨਿਵਾਸਲੂ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰ ਹਿੱਤ ਨੂੰ ਪਹਿਲ ਦੇ ਕੇ ਕੰਮ ਕਰਦੀ ਹੈ। ਉਨ੍ਹਾਂ ਬੂਥ ਪੱਧਰ ਦੇ ਵਰਕਰਾਂ ਅਤੇ BLA-1 ਤੇ BLA-2 ਨੂੰ ਆਪਣੇ ਖੇਤਰਾਂ ਵਿੱਚ ਵੋਟਰ ਸੂਚੀਆਂ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਓ.ਪੀ. ਅਰੋੜਾ ਨੇ SIR ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਸੂਚੀ ਵਿੱਚ ਸ਼ਾਮਲ ਨਾ ਹੋਵੇ। ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰ ਯੋਗ ਭਾਰਤੀ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਦਾ ਅਧਿਕਾਰ ਹੈ।

ਇਸ ਮੌਕੇ ਓ.ਪੀ. ਧਨਖੜ ਨੇ ਕਿਹਾ ਕਿ ਸ਼ੁੱਧ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਬੁਨਿਆਦ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਵਰਕਰ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਲੋਕਾਂ ਨੂੰ ਵੋਟਰ ਜਾਗਰੂਕਤਾ ਅਤੇ ਤਸਦੀਕ ਪ੍ਰਕਿਰਿਆ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਮੀਟਿੰਗ ਵਿੱਚ ਪ੍ਰਦੇਸ਼ ਮਹਾਮੰਤਰੀ ਅਨਿਲ ਸਰੀਨ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾੜ, ਮਨੀਸ਼ ਧੀਰ, ਰਣਜੀਤ ਸਿੰਘ ਪਵਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਮੰਡਲ ਪ੍ਰਧਾਨ, ਸ਼ਕਤੀ ਕੇਂਦਰ ਪ੍ਰਮੁੱਖ ਅਤੇ ਬੂਥ ਪੱਧਰ ਦੇ ਵਰਕਰ ਹਾਜ਼ਰ ਸਨ।

ਮੀਟਿੰਗ ਦੇ ਅੰਤ ਵਿੱਚ ਸਾਰੇ ਵਰਕਰਾਂ ਨੇ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਜਾਗਰੂਕਤਾ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਇਸ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ।