ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਅੱਜ EVM ਰਾਹੀਂ, ਹਾਈਕੋਰਟ ਦੇ ਵੱਡੇ ਫੈਸਲੇ ਤੋਂ ਬਾਅਦ ਵੋਟਿੰਗ ਸ਼ੁਰੂ

ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਇੱਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ 13 ਜੂਨ ਨੂੰ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਦੀਆਂ ਨਗਰ ਕੌਂਸਲ ਚੋਣਾਂ ਪੂਰੀ ਤਰ੍ਹਾਂ ਈਵੀਐਮ (EVM) ਮਸ਼ੀਨਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ, ਅਦਾਲਤ ਵਿੱਚ ਦਾਇਰ ਕੀਤੀ ਗਈ ਇੱਕ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਚੋਣਾਂ ਵਿੱਚ ਪੁਰਾਣੀ ਬੈਲਟ ਪੇਪਰ ਪ੍ਰਣਾਲੀ ਦੀ ਥਾਂ ਈਵੀਐਮ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਹੋ ਸਕੇ।

ਇਸ ਮਾਮਲੇ ਸਬੰਧੀ ਐਡਵੋਕੇਟ ਤੁਸ਼ਾਰ ਮਦਾਨ ਨੇ ਦੱਸਿਆ ਕਿ ਸੁਣਵਾਈ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਈਵੀਐਮ ਮਸ਼ੀਨਾਂ 22 ਮਈ ਨੂੰ ਹੀ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਮੁਹੱਈਆ ਕਰਵਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਵੀ ਲਿਖਤੀ ਭਰੋਸਾ ਦਿੱਤਾ ਕਿ ਚਾਰਾਂ ਨਗਰ ਕੌਂਸਲਾਂ ਦੀਆਂ ਚੋਣਾਂ ਈਵੀਐਮ ਰਾਹੀਂ ਹੀ ਕਰਵਾਈਆਂ ਜਾਣਗੀਆਂ।

ਰਾਜ ਚੋਣ ਕਮਿਸ਼ਨ ਦੇ ਇਸ ਭਰੋਸੇ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 29 ਮਈ 2026 ਨੂੰ ਹੋਈਆਂ ਨਿਗਮ ਅਤੇ ਕੌਂਸਲ ਚੋਣਾਂ ਦੌਰਾਨ ਵੀ ਈਵੀਐਮ ਰਾਹੀਂ ਵੋਟਿੰਗ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਉਸ ਵੇਲੇ ਹਾਈਕੋਰਟ ਨੇ ਚੋਣੀ ਸ਼ਡਿਊਲ ਜਾਰੀ ਹੋਣ ਕਾਰਨ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਹਾਲਾਂਕਿ, ਇਸ ਵਾਰ ਹਾਈਕੋਰਟ ਦੇ ਸਮੇਂ ਸਿਰ ਆਏ ਫੈਸਲੇ ਨਾਲ ਈਵੀਐਮ ਰਾਹੀਂ ਵੋਟਿੰਗ ਦਾ ਰਾਹ ਸਾਫ਼ ਹੋ ਗਿਆ ਹੈ, ਜਿਸ ਕਾਰਨ ਵੋਟਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।