ਜਲੰਧਰ(ਵਿੱਕੀ ਸੂਰੀ):- ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਸਵੇਰ 7 ਵਜੇ ਤੋਂ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਤ ਦੀ ਗਰਮੀ ਵਿਚਾਲੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕ ਬੂਥਾਂ ‘ਤੇ ਪਹੁੰਚ ਰਹੇ ਹਨ। ਬੂਥਾਂ ‘ਤੇ ਲਾਈਨਾਂ ਲੱਗਣ ਲੱਗ ਗਈਆਂ ਹਨ। ਉਥੇ ਹੀ ਕਾਂਗਰਸ ਦੀ ਉਮੀਵਾਰ ਸੁਰਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਦਿੱਤੀ ਗਈ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 171963 ਵੋਟਰਾਂ, ਜਿਨ੍ਹਾਂ ਵਿਚ 89629 ਮਰਦ, 82326 ਔਰਤਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਸ਼ਾਮ 5 ਵਜੇ ਤੱਕ 51.30 ਫ਼ੀਸਦੀ ਵੋਟਿੰਗ ਹੋਈ ਹੈ।ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਿੰਦਰ ਲੱਖਾ ਵੀ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵੀ ਮੌਜੂਦ ਹੈ। ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਮਗਰੋਂ ਬਿੰਦਰ ਲੱਖਾ ਨੇ ਕਿਹਾ ਕਿ ਲੋਕਾਂ ਵਿਚ ਉਤਸ਼ਾਹ ਦਿਖ ਰਿਹਾ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 13 ਤਾਰੀਖ਼ ਨੂੰ ਇਹ ਪਤਾ ਲੱਗ ਜਾਵੇਗਾ ਕਿ ਜਨਤਾ ਨੇ ਕਿਸ ਨੂੰ ਪਿਆਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਵੀ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਲਿਆਉਣ ਲਈ ਤਿਆਰ ਹਨ। ਉਨ੍ਹਾਂ ਨੇ ਜਨਤਾ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ।