
Skip to content

ਹਾਈਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2026 — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਮੁਲਤਵੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਤੋਂ ਪ੍ਰਾਪਤ ਪੱਤਰ ਅਨੁਸਾਰ ਨਗਰ ਕੌਂਸਲ ਖਰੜ ਲਈ ਚੱਲ ਰਹੀ ਪੂਰੀ ਚੋਣ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਇਸ ਵਿੱਚ ਨਾਮਜ਼ਦਗੀਆਂ ਪ੍ਰਾਪਤ ਕਰਨ ਦੀ ਕਾਰਵਾਈ ਵੀ ਸ਼ਾਮਲ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅਗਲੇ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਚੋਣ ਪ੍ਰਕਿਰਿਆ ਅੱਗੇ ਨਹੀਂ ਵਧਾਈ ਜਾਵੇਗੀ।
ਖਰੜ ਨਗਰ ਕੌਂਸਲ ਚੋਣਾਂ ਮੁਲਤਵੀ, ਹਾਈ ਕੋਰਟ ਦੇ ਹੁਕਮਾਂ ਮਗਰੋਂ ਰਾਜ ਚੋਣ ਕਮਿਸ਼ਨ ਦਾ ਫੈਸਲਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਨਗਰ ਕੌਂਸਲ ਖਰੜ ਦੀਆਂ ਚੋਣਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 15 ਮਈ 2026 ਨੂੰ ਸੀ.ਡਬਲਿਊ.ਪੀ. ਨੰਬਰ 14752 ਆਫ਼ 2026 ‘ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ’ ਮਾਮਲੇ ਵਿੱਚ ਜਾਰੀ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਮਾਮਲਾ ਨਗਰ ਕੌਂਸਲ ਖਰੜ ਨਾਲ ਸਬੰਧਤ ਨਾਲ ਲੱਗਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਲ ਕਰਨ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਚੋਣਾਂ ਮੁਲਤਵੀ ਕਰਨ ਸਬੰਧੀ ਜਨਤਕ ਨੋਟਿਸ ਰਿਟਰਨਿੰਗ ਅਫ਼ਸਰ ਖਰੜ ਅਤੇ ਨਗਰ ਕੌਂਸਲ ਖਰੜ ਦੇ ਦਫ਼ਤਰਾਂ ਵਿੱਚ ਲਗਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ, ਉਹ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਫੀਸ ਵਾਪਸ ਲੈ ਸਕਣਗੇ।
ਸ੍ਰੀਮਤੀ ਕੋਮਲ ਮਿੱਤਲ ਮੁਤਾਬਕ ਨਗਰ ਕੌਂਸਲ ਖਰੜ ਦੀਆਂ ਚੋਣਾਂ ਸਬੰਧੀ ਅਗਲੀ ਕਾਰਵਾਈ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਨਵੀਂ ਅਧਿਸੂਚਨਾ ਜਾਰੀ ਹੋਣ ਤੋਂ ਬਾਅਦ ਕੀਤੀ ਜਾਵੇਗੀ।
Related