ਚੰਡੀਗੜ੍ਹ ‘ਚ ‘ਵਾਰਿਸ ਪੰਜਾਬ ਦੇ’ ਦਾ ਰੋਸ ਮਾਰਚ, ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੌਂਪਿਆ ਮੰਗ ਪੱਤਰ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਨੂੰ ਸੌਂਪਿਆ, ਜਿਸ ਤੋਂ ਬਾਅਦ ਰੋਸ ਮਾਰਚ ਸਮਾਪਤ ਹੋ ਗਿਆ।

ਇਸ ਤੋਂ ਪਹਿਲਾਂ ਜਥੇਬੰਦੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਰੋਕਣ ਲਈ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਕਈ ਥਾਵਾਂ ‘ਤੇ ਬੈਰੀਕੇਡ ਲਗਾਏ ਗਏ। ਜਦੋਂ ਪ੍ਰਦਰਸ਼ਨਕਾਰੀ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਵੀ ਕੀਤੀਆਂ। ਇਸ ਦੇ ਬਾਵਜੂਦ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਵਿੱਚ ਕਾਮਯਾਬ ਰਹੇ।

ਪ੍ਰਦਰਸ਼ਨ ਦੀ ਸ਼ੁਰੂਆਤ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਹੋਈ, ਜਿੱਥੋਂ ਵੱਡੀ ਗਿਣਤੀ ਵਿੱਚ ਵਰਕਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੇ ਪੋਸਟਰ ਹੱਥਾਂ ਵਿੱਚ ਫੜ ਕੇ ਚੰਡੀਗੜ੍ਹ ਵੱਲ ਰਵਾਨਾ ਹੋਏ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਆਪਣੇ ਪੁੱਤਰ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ।

ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2023 ਦੇ ਅਜਨਾਲਾ ਪੁਲਿਸ ਥਾਣਾ ਹਮਲਾ ਮਾਮਲੇ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਉਨ੍ਹਾਂ ਦੀ ਹਿਰਾਸਤ 22 ਅਪ੍ਰੈਲ ਨੂੰ ਸਮਾਪਤ ਹੋ ਚੁੱਕੀ ਸੀ, ਪਰ ਉਹ ਹਾਲੇ ਵੀ ਜੇਲ੍ਹ ਵਿੱਚ ਹਨ। ਇਸੇ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਵੱਲੋਂ ਇਹ ਰੋਸ ਮਾਰਚ ਕੀਤਾ ਗਿਆ।