ਹੈਪੀ ਅਰੋੜਾ ਨੂੰ ਗੰਭੀਰ ਹਾਲਤ ’ਚ ਹਸਪਤਾਲ ਕਰਵਾਇਆ ਗਿਆ ਦਾਖ਼ਲ, 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 6 ਗ੍ਰਿਫ਼ਤਾਰ

ਮੋਗਾ (ਅਮਿਤ ਨੱਖਵਾਲ): ਮੋਗਾ ਵਿੱਚ ਸੋਮਵਾਰ ਦੇਰ ਰਾਤ ਕਰੀਬ 11:30 ਵਜੇ ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ ਉਸ ਸਮੇਂ ਗੰਭੀਰ ਰੂਪ ਧਾਰ ਗਿਆ, ਜਦੋਂ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਕਥਿਤ ਫਾਇਰਿੰਗ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਹੈਪੀ ਅਰੋੜਾ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਅਨੁਸਾਰ, ਗੁਆਂਢ ਵਿੱਚ ਰਹਿਣ ਵਾਲੇ ਕੁਝ ਨੌਜਵਾਨ ਦੇਰ ਰਾਤ ਤੱਕ ਪਟਾਕੇ ਚਲਾ ਰਹੇ ਸਨ, ਜਿਸ ਨੂੰ ਲੈ ਕੇ ਪਹਿਲਾਂ ਗਾਲੀ-ਗਲੋਚ ਹੋਈ। ਪਰਿਵਾਰ ਦਾ ਦੋਸ਼ ਹੈ ਕਿ ਬਾਅਦ ਵਿੱਚ ਜਦੋਂ ਹੈਪੀ ਆਪਣੇ ਦੋਸਤਾਂ ਨੂੰ ਘਰ ਛੱਡਣ ਜਾ ਰਿਹਾ ਸੀ ਤਾਂ ਗੁਆਂਢ ਵਿੱਚ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਕਰੀਬ 10 ਤੋਂ 12 ਵਿਅਕਤੀਆਂ ਨਾਲ ਮਿਲ ਕੇ ਉਸ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰ ਦਿੱਤੀ।

ਘਟਨਾ ਦੌਰਾਨ ਗੋਲੀ ਲੱਗਣ ਕਾਰਨ ਹੈਪੀ ਅਰੋੜਾ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਦਕਿ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਰਿਪੋਰਟ : ਅਮਿਤ ਨੱਖਵਾਲ