ਵਾਸ਼ਿੰਗਟਨ– ਬਾਈਡੇਨ ਪ੍ਰਸ਼ਾਸਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਮਰੀਕਾ ਦਾ ਇਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ‘ਚ ਵੀ ਇਹ ਸਬੰਧ ਇਸੇ ਤਰ੍ਹਾਂ ਬਰਕਰਾਰ ਰਹਿਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਸੋਮਵਾਰ ਨੂੰ ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਸਰਕਾਰ ਬਾਰੇ ਕੁਝ ਲੇਖਾਂ ਅਤੇ ਆਲੋਚਨਾਤਮਕ ਰਾਏ ਦੇ ਪਿਛੋਕੜ ਵਿਚ ਅਮਰੀਕਾ-ਭਾਰਤ ਸਬੰਧਾਂ ਬਾਰੇ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਭਾਰਤ ‘ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਥਿਤ ਤੌਰ ‘ਤੇ ਢਾਹ ਲਾਉਣ ਅਤੇ ਵਿਰੋਧੀ ਪਾਰਟੀਆਂ ‘ਤੇ ਕਥਿਤ ਕਾਰਵਾਈ ਬਾਰੇ ਵਿਦੇਸ਼ ਮੰਤਰਾਲੇ ਵੱਲੋਂ ਹਾਲ ਹੀ ‘ਚ ਜਾਰੀ ਬਿਆਨਾਂ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਮਿਲਰ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਹ ਅਮਰੀਕਾ ਦਾ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਜਾਰੀ ਰਹੇਗਾ। ”ਹਾਲ ਹੀ ਦੇ ਦਿਨਾਂ ਵਿਚ ਅਮਰੀਕੀ ਅਧਿਕਾਰੀਆਂ ਨੇ ਦੁਹਰਾਇਆ ਹੈ ਕਿ ਭਾਰਤ ਇਕ ਮਹੱਤਵਪੂਰਨ ਭਾਈਵਾਲ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣ ਜਾ ਰਹੇ ਹਨ।