ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਵੀ ਅਜਿਹਾ ਹੀ ਮੌਸਮ ਰਿਹਾ, ਇਸ ਦੇ ਬਾਵਜੂਦ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

    ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਮੇਂ ਲਈ ਬਹੁਤ ਜ਼ਿਆਦਾ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਦਿਸ ਰਹੀ ਹੈ। ਅੱਜ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਤਾਪਮਾਨ ਵੀ ਆਮ ਤੋਂ ਉੱਪਰ ਰਹੇਗਾ। ਪਰ ਤਾਪਮਾਨ ‘ਚ ਗਿਰਾਵਟ ਨਾਲ ਰਾਹਤ ਮਿਲੇਗੀ।

    ਤਾਪਮਾਨ ਦੇ ਅੰਕੜਿਆਂ ਅਨੁਸਾਰ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫ਼ਰੀਦਕੋਟ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉਪਰ ਰਿਹਾ। ਅੱਜ ਪਠਾਨਕੋਟ, ਗੁਦਾਸਰਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।