ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਸੀਐੱਮ ਭਗਵੰਤ ਮਾਨ ਵੱਲੋਂ ਮਾਮਲੇ ‘ਤੇ ਦੁੱਖ ਪ੍ਰਗਟਾਇਆ ਹੈ ਅਤੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ ਨੇ ਤੇ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ। CM ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।