
Skip to content

ਜ਼ੀਰਾ ’ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਤਾਏ ਨੇ ਭਤੀਜੇ ’ਤੇ ਚਲਾਈਆਂ ਗੋਲੀਆਂ, ਮੌਤ
ਜ਼ੀਰਾ (ਅਰਸ਼ਦੀਪ ਸਿੰਘ ਕਾਲੜਾ): ਜ਼ੀਰਾ ਹਲਕੇ ਦੇ ਨਜ਼ਦੀਕੀ ਪਿੰਡ ਮਨਸੂਰਵਾਲ ਕਲਾਂ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਹੇ ਖਾਨਦਾਨੀ ਵਿਵਾਦ ਨੇ ਉਸ ਸਮੇਂ ਖੂਨੀ ਰੂਪ ਧਾਰ ਲਿਆ, ਜਦੋਂ ਇਕ ਤਾਏ ਨੇ ਆਪਣੇ ਸਕੇ ਭਤੀਜੇ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਜ਼ੀਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਿਚ ਪਿਛਲੇ ਕੁਝ ਸਮੇਂ ਤੋਂ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ। ਮ੍ਰਿਤਕ ਦੇ ਇਕ ਹੋਰ ਤਾਏ ਨੇ ਦੱਸਿਆ ਕਿ ਉਹ ਕੁੱਲ ਤਿੰਨ ਭਰਾ ਹਨ ਅਤੇ ਜ਼ਮੀਨ ਦੀ ਵੰਡ ਨੂੰ ਲੈ ਕੇ ਪਰਿਵਾਰ ਵਿਚ ਖਿੱਚੋਤਾਣ ਚੱਲ ਰਹੀ ਸੀ। ਇਸੇ ਮਾਮਲੇ ਸਬੰਧੀ ਗੱਲਬਾਤ ਦੌਰਾਨ ਕਥਿਤ ਤੌਰ ’ਤੇ ਮੁਲਜ਼ਮ ਤੈਸ਼ ਵਿਚ ਆ ਗਿਆ ਅਤੇ ਉਸ ਨੇ ਆਪਣੇ ਭਤੀਜੇ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਮੁਤਾਬਕ ਮੁਲਜ਼ਮ ’ਤੇ ਇਸ ਤੋਂ ਪਹਿਲਾਂ ਵੀ ਆਪਣੇ ਸਕੇ ਸਾਲੇ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਹਾਲਾਂਕਿ, ਉਸ ਮਾਮਲੇ ਵਿਚ ਪਰਿਵਾਰਕ ਰਜ਼ਾਮੰਦੀ ਅਤੇ ਰਾਜ਼ੀਨਾਮਾ ਹੋਣ ਕਾਰਨ ਮਾਮਲਾ ਅੱਗੇ ਨਹੀਂ ਵਧਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਜ਼ੀਰਾ ਜਸਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪਹਿਲੂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Related